ਚੰਡੀਗੜ੍ਹ, 28 ਮਈ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂਆਂ, ਵਿਧਾਇਕਾਂ ਅਤੇ ਮੰਤਰੀਆਂ ਵੱਲੋਂ ਪੰਜਾਬ ਭਰ ਵਿੱਚ ਕੱਢੀ ਜਾ ਰਹੀ ‘ਨਸ਼ਾ ਮੁਕਤੀ ਯਾਤਰਾ’ ਅੱਜ ਵੀ ਜਾਰੀ ਰਹੀ। ਬੁੱਧਵਾਰ ਨੂੰ ਪਾਰਟੀ ਆਗੂਆਂ ਨੇ ਸੈਂਕੜੇ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਇੱਕ ਵਿਸ਼ਾਲ ਜਾਗਰੂਕਤਾ ਮੁਹਿੰਮ ਚਲਾਈ ਅਤੇ ਲੋਕਾਂ ਨੂੰ ਜਾਗਰੂਕ ਕੀਤਾ।
ਕਈ ਥਾਵਾਂ ‘ਤੇ ਨਸ਼ਾ ਛੁਡਾਊ ਪ੍ਰੋਗਰਾਮ ਆਯੋਜਿਤ ਕੀਤੇ ਗਏ ਜਿਸ ਵਿੱਚ ਵਿਧਾਇਕਾਂ ਅਤੇ ਮੰਤਰੀਆਂ ਨੇ ਸਥਾਨਕ ਲੋਕਾਂ ਨੂੰ ਨਸ਼ੇ ਦੀ ਦੁਰਵਰਤੋਂ ਤੋਂ ਦੂਰ ਰਹਿਣ, ਨਸ਼ਾ ਤਸਕਰਾਂ ਦਾ ਸਮੂਹਿਕ ਤੌਰ ‘ਤੇ ਬਾਈਕਾਟ ਕਰਨ ਅਤੇ ਕਾਨੂੰਨੀ ਪ੍ਰਕਿਰਿਆ ਵਿੱਚ ਕਿਸੇ ਵੀ ਤਰ੍ਹਾਂ ਦੇ ਤਸਕਰਾਂ ਨਾਲ ਸਹਿਯੋਗ ਨਾ ਕਰਨ, ਖਾਸ ਕਰਕੇ ਉਨ੍ਹਾਂ ਨੂੰ ਜ਼ਮਾਨਤ ਨਾ ਦੇਣ ਦੀ ਸਹੁੰ ਚੁਕਾਈ।
ਯਾਤਰਾ ਦੌਰਾਨ, ‘ਆਪ’ ਆਗੂਆਂ ਨੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਸਮਰਥਨ ਕਰਨ ਅਤੇ ਸੂਬੇ ਵਿੱਚੋਂ ਨਸ਼ਿਆਂ ਦੀ ਦੁਰਵਰਤੋਂ ਨੂੰ ਖਤਮ ਕਰਨ ਵਿੱਚ ਸਰਕਾਰ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ। ਅੱਜ ਵੀ ਵੱਖ-ਵੱਖ ਪ੍ਰੋਗਰਾਮਾਂ ਦੌਰਾਨ, ਬਹੁਤ ਸਾਰੀਆਂ ਪੰਚਾਇਤਾਂ ਨੇ ਰਸਮੀ ਤੌਰ ‘ਤੇ ਆਪਣੇ ਪਿੰਡਾਂ ਨੂੰ ਨਸ਼ਾ ਮੁਕਤ ਐਲਾਨਿਆ।
ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਅਜਨਾਲਾ ਵਿੱਚ, ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਗੁਰੂ ਵਿੱਚ, ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭੋਆ ਵਿੱਚ, ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਖੰਨਾ ਵਿੱਚ, ਡਾ. ਬਲਬੀਰ ਨੇ ਪਟਿਆਲਾ ਦਿਹਾਤੀ ਹਲਕੇ ਵਿੱਚ ਅਤੇ ਮੰਤਰੀ ਲਾਲਜੀਤ ਭੁੱਲਰ ਨੇ ਆਪਣੇ ਵਿਧਾਨ ਸਭਾ ਹਲਕੇ ਪੱਟੀ ਦੇ ਵੱਖ-ਵੱਖ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਇੱਕ ਵਿਸ਼ਾਲ ਮੁਹਿੰਮ ਚਲਾਈ।
ਮੁਹਿੰਮ ਦੌਰਾਨ ਕੈਬਨਿਟ ਮੰਤਰੀਆਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਨੂੰ ਕਿਸੇ ਵੀ ਤਰ੍ਹਾਂ ਦਾ ਸਮਰਥਨ ਨਾ ਦੇਣ। ਉਨ੍ਹਾਂ ਦਾ ਸਮੂਹਿਕ ਤੌਰ ‘ਤੇ ਬਾਈਕਾਟ ਕਰੋ ਅਤੇ ਉਨ੍ਹਾਂ ਦੇ ਖਿਲਾਫ ਦਰਜ ਮਾਮਲੇ ਵਿੱਚ ਜ਼ਮਾਨਤ ਲਈ ਨਾ ਜਾਓ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਆਸ-ਪਾਸ ਕੋਈ ਵੀ ਤਸਕਰੀ ਕਰਦਾ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ।