ਪਰਾਲੀ ਪ੍ਰਬੰਧਨ ਲੱਕੀ ਡਰਾਅ ਤਹਿਤ 1 ਲੱਖ ਦੇ ਇਨਾਮਾਂ ਲਈ 25 ਕਿਸਾਨਾਂ ਦੀ ਚੋਣ

admin
3 Min Read

ਬਰਨਾਲਾ, 6 ਨਵੰਬਰ- ਜ਼ਿਲ੍ਹਾ ਬਰਨਾਲਾ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ-2026 ਤਹਿਤ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸੰਭਾਲ ਲਈ ਉਤਸ਼ਾਹਿਤ ਕਰਨ ਲਈ ਵਿੱਢੀ ਲੱਕੀ ਡਰਾਅ ਮੁਹਿੰਮ ਤਹਿਤ ਅੱਜ ਲੱਕੀ ਡਰਾਅ ਕੱਢੇ ਗਏ ਜਿਸ ਵਿਚ 25 ਅਗਾਹਵਧੂ ਕਿਸਾਨਾਂ ਦੀ ਚੋਣ ਕੀਤੀ ਗਈ। ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਮਲੈਕਸ ਦੇ ਮੀਟਿੰਗ ਹਾਲ ਵਿਚ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਪਰਾਲੀ ਪ੍ਰਬੰਧਨ ਤਹਿਤ ਵੱਖ ਵੱਖ ਅਫ਼ਸਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਵਿਵੇਕ ਕੁਮਾਰ ਮੋਦੀ ਦੀ ਮੌਜੂਦਗੀ ਵਿਚ ਰੈਂਡਮਾਈਜ਼ੇਸ਼ਨ ਪ੍ਰਕਿਰਿਆ ਰਾਹੀਂ ਕੁੱਲ 25 ਕਿਸਾਨਾਂ ਦੀ ਇਨਾਮਾਂ ਲਈ ਚੋਣ ਕੀਤੀ ਗਈ।
ਇਸ ਡਰਾਅ ਵਿੱਚ ਪਿੰਡ ਝਲੂਰ ਦੇ ਕਿਸਾਨ ਸੁਖਵਿੰਦਰ ਸਿੰਘ ਨੇ ਪਹਿਲਾ ਸਥਾਨ ਹਾਸਲ ਕਰਕੇ 20,000 ਰੁਪਏ ਦਾ ਇਨਾਮ ਜਿੱਤਿਆ। ਪਿੰਡ ਬੀਹਲਾ ਦੇ ਕਿਸਾਨ ਜਸਵਿੰਦਰ ਸਿੰਘ ਜੌਹਲ ਨੇ ਦੂਜਾ ਸਥਾਨ ਹਾਸਲ ਕਰਕੇ 15,000 ਰੁਪਏ ਅਤੇ ਪਿੰਡ ਹੰਡਿਆਇਆ ਦੇ ਕਿਸਾਨ ਮਨਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਲ ਕਰਕੇ 10,000 ਰੁਪਏ ਦਾ ਇਨਾਮ ਜਿੱਤਿਆ।
ਜੇਤੂ ਕਿਸਾਨਾਂ ਦੇ ਖੇਤੀਬਾੜੀ ਅਭਿਆਸਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪਹਿਲਾ ਇਨਾਮ ਜਿੱਤਣ ਵਾਲੇ ਕਿਸਾਨ ਸੁਖਵਿੰਦਰ ਸਿੰਘ ਵੱਲੋਂ ਪਰਾਲੀ ਦੀਆਂ ਗੱਠਾਂ ਬਣਵਾਉਣ ਉਪਰੰਤ ਮਲਚਿੰਗ ਵਿਧੀ ਰਾਹੀਂ ਆਲੂਆਂ ਦੀ ਬਿਜਾਈ ਕੀਤੀ ਗਈ ਹੈ। ਦੂਜਾ ਇਨਾਮ ਜਿੱਤਣ ਵਾਲੇ ਜਸਵਿੰਦਰ ਸਿੰਘ ਜੌਹਲ ਵੱਲੋਂ ਮਲਚਿੰਗ ਵਿਧੀ ਨਾਲ ਆਲੂਆਂ ਦੀ ਬਿਜਾਈ ਕਰਨ ਦੇ ਨਾਲ-ਨਾਲ ਸੁਪਰ ਸੀਡਰ ਰਾਹੀਂ ਕਣਕ ਦੀ ਬਿਜਾਈ ਵੀ ਕੀਤੀ ਗਈ ਹੈ। ਇਸੇ ਤਰ੍ਹਾਂ ਤੀਜਾ ਇਨਾਮ ਜਿੱਤਣ ਵਾਲੇ ਮਨਪ੍ਰੀਤ ਸਿੰਘ ਵੱਲੋਂ ਪਰਾਲੀ ਦੀਆਂ ਗੱਠਾਂ ਬਣਵਾਉਣ ਉਪਰੰਤ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਕੀਤੀ ਜਾਂਦੀ ਹੈ।
ਇਸ ਤੋਂ ਇਲਾਵਾ ਬਾਕੀ 22 ਚੁਣੇ ਗਏ ਕਿਸਾਨਾਂ ਨੂੰ 2,500-2,500 ਰੁਪਏ ਦੇ ਇਨਾਮ ਦਿੱਤੇ ਜਾਣਗੇ। ਇਸ ਤਰ੍ਹਾਂ ਪਹਿਲੇ ਲੱਕੀ ਡਰਾਅ ਰਾਹੀਂ ਕੁੱਲ 1 ਲੱਖ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੱਕੀ ਡਰਾਅ ਵਰਗੀਆਂ ਪਹਿਲਕਦਮੀਆਂ ਦਾ ਮੁੱਖ ਉਦੇਸ਼ ਪਰਾਲੀ ਪ੍ਰਬੰਧਨ ਵਿੱਚ ਵਧੀਆ ਯੋਗਦਾਨ ਪਾਉਣ ਵਾਲੇ ਕਿਸਾਨਾਂ ਦੀ ਹੌਸਲਾ ਅਫ਼ਜ਼ਾਈ ਕਰਨਾ ਅਤੇ ਹੋਰਨਾਂ ਕਿਸਾਨਾਂ ਨੂੰ ਵੀ ਆਧੁਨਿਕ ਅਤੇ ਵਾਤਾਵਰਣ ਪੱਖੀ ਖੇਤੀ ਤਕਨੀਕਾਂ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸਾਨਾਂ ਵੱਲੋਂ ਪਰਾਲੀ ਦੀਆਂ ਗੱਠਾਂ ਬਣਾਉਣ, ਮਲਚਿੰਗ ਅਤੇ ਸੁਪਰ ਸੀਡਰ ਵਰਗੀਆਂ ਤਕਨੀਕਾਂ ਅਪਣਾ ਕੇ ਪਰਾਲੀ ਨੂੰ ਸਾੜਨ ਦੀ ਬਜਾਏ ਖੇਤੀ ਵਿੱਚ ਵਰਤਿਆ ਜਾ ਰਿਹਾ ਹੈ, ਜੋ ਕਿ ਵਾਤਾਵਰਣ ਦੀ ਸੰਭਾਲ ਅਤੇ ਖੇਤੀ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਲਈ ਬਹੁਤ ਮਹੱਤਵਪੂਰਨ ਹੈ।
ਉਨ੍ਹਾਂ ਸਾਰੇ ਚੁਣੇ ਗਏ ਕਿਸਾਨਾਂ ਨੂੰ ਵਧਾਈ ਦਿੰਦਿਆਂ ਜ਼ਿਲ੍ਹੇ ਦੇ ਹੋਰਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਸੁਚੱਜਾ ਪ੍ਰਬੰਧਨ ਕਰਨ ਅਤੇ ਵਾਤਾਵਰਣ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ।

Share This Article
Leave a comment

Leave a Reply

Your email address will not be published. Required fields are marked *